Loader

ਸਿਆਸੀ ਸਿੱਖ ਜਥੇਬੰਦੀਆਂ ਸੱਤਾ ਦਾ ਲਾਲਚ ਛੱਡਣ: ਜਥੇਦਾਰ

00
ਸਿਆਸੀ ਸਿੱਖ ਜਥੇਬੰਦੀਆਂ ਸੱਤਾ ਦਾ ਲਾਲਚ ਛੱਡਣ: ਜਥੇਦਾਰ

[ad_1]

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 27 ਅਕਤੂਬਰ

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਿਆਸੀ ਸਿੱਖ ਜਥੇਬੰਦੀਆਂ ਨੂੰ ਆਖਿਆ ਕਿ ਉਹ ਰਾਜ ਸੱਤਾ ਦੀ ਲਾਲਸਾ ਨੂੰ ਛੱਡ ਕੇ ਪੰਥ ਨੂੰ ਇਕਜੁੱਟ ਅਤੇ ਮਜ਼ਬੂਤ ਕਰਨ ਵੱਲ ਧਿਆਨ ਦੇਣ।

ਉਨ੍ਹਾਂ ਕਿਹਾ ਕਿ ਜੇਕਰ ਪੰਥ ਇਕਜੁੱਟ ਤੇ ਮਜ਼ਬੂਤ ਹੋਵੇਗਾ ਤਾਂ ਸਿੱਖ ਸੰਸਥਾਵਾਂ ਵੀ ਮਜ਼ਬੂਤ ਹੋਣਗੀਆਂ। ਇਹ ਪ੍ਰਗਟਾਵਾ ਉਨ੍ਹਾਂ ਅੱਜ ਇੱਥੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦੇ ਮੁੱਖ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਸਮਾਗਮ ਸ਼੍ਰੋਮਣੀ ਕਮੇਟੀ ਵੱਲੋਂ ਇੱਥੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕਰਵਾਇਆ ਗਿਆ। ਇਸ ਮੌਕੇ ਇਕੱਠ ਵੱਲੋਂ ਇਕ ਮਤਾ ਪਾਸ ਕਰਕੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਗਈ ਹੈ ਕਿ ਸੰਸਦ ਵਿੱਚ ਹਰਿਆਣਾ ਕਮੇਟੀ ਐਕਟ ਨੂੰ ਰੱਦ ਕੀਤਾ ਜਾਵੇ ਤੇ ਸਿੱਖ ਗੁਰਦੁਆਰਾ ਐਕਟ 1925 ਤਹਿਤ ਗੁਰਦੁਆਰਿਆਂ ਦੇ ਚੱਲ ਰਹੇ ਪ੍ਰਬੰਧ ਨੂੰ ਬਰਕਰਾਰ ਰੱਖਿਆ ਜਾਵੇ। ਇਸ ਮੌਕੇ ਹਰਿਆਣਾ ਕਮੇਟੀ ਐਕਟ ਨੂੰ ਗ਼ੈਰ ਸੰਵਿਧਾਨਕ ਤੇ ਗ਼ੈਰਕਾਨੂੰਨੀ ਆਖਦਿਆਂ ਇਸ ਵਿਰੁੱਧ ਰੋਸ ਲਹਿਰ ਉਸਾਰਨ ਲਈ ਜ਼ਿਲ੍ਹਾ ਪੱਧਰ ’ਤੇ ਅਖੰਡ ਪਾਠ ਕਰਨ ਤੇ ਵੱਡੇ ਇਕੱਠ ਸੱਦਣ ਦਾ ਐਲਾਨ ਵੀ ਕੀਤਾ ਗਿਆ। ਇੱਕ ਮਤੇ ਰਾਹੀਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਸਰਕਾਰਾਂ ਦੇ ਪੱਖਪਾਤੀ ਰਵੱਈਏ ਦੀ ਕਰੜੀ ਆਲੋਚਨਾ ਕਰਦਿਆਂ ਇਸ ਖ਼ਿਲਾਫ਼ ਪਿੰਡ ਪੱਧਰ ਤੱਕ ਲਹਿਰ ਸਿਰਜਣ ਦਾ ਸੱਦਾ ਦਿੱਤਾ ਗਿਆ। ਫ਼ੈਸਲਾ ਕੀਤਾ ਗਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਬਾਰੇ ਲੋਕਾਂ ਕੋਲੋਂ ਫਾਰਮ ਭਰਵਾ ਕੇ ਸੰਘਰਸ਼ ਨੂੰ ਸੰਗਠਿਤ ਕਰਦਿਆਂ ਇਹ ਫਾਰਮ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ। ਇਸ ਸਬੰਧ ’ਚ ਚੰਡੀਗੜ੍ਹ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਸਮੇਤ ਪੰਥਕ ਲੋਕਾਂ ਦਾ ਇੱਕ ਵੱਡਾ ਇਕੱਠ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਜਥੇਦਾਰ ਹਰਪ੍ਰੀਤ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਖਾਲਸਾ ਪੰਥ ਦੀ ਅਹਿਮ ਸੰਸਥਾ ਹੈ, ਜਿਸ ਦੀ ਸਥਾਪਨਾ ਲਈ 500 ਤੋਂ ਵੱਧ ਸਿੱਖਾਂ ਨੇ ਸ਼ਹਾਦਤਾਂ ਦਿੱਤੀਆਂ ਹਨ। ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀਆਂ ਸ਼ਹਾਦਤਾਂ ਵੀ ਸ਼੍ਰੋਮਣੀ ਕਮੇਟੀ ਦੀ ਕਾਇਮੀ ਤੇ ਮਜ਼ਬੂਤੀ ਲਈ ਸਨ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਇਨ੍ਹਾਂ ਸੰਸਥਾਵਾਂ ਨੂੰ ਸਰਕਾਰੀ ਸ਼ਹਿ ’ਤੇ ਚੁਣੌਤੀ ਦਿੱਤੀ ਜਾ ਰਹੀ ਹੈ ਤੇ ਕਮਜ਼ੋਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ, ਸ੍ਰੀ ਅਕਾਲ ਤਖ਼ਤ ਤੇ ਹੋਰ ਸਿੱਖ ਸੰਸਥਾਵਾਂ ਨੂੰ ਆਜ਼ਾਦ ਕਰਾਉਣ ਦਾ ਨਾਅਰਾ ਦੇਣ ਵਾਲੇ ਸਿੱਖਾਂ ਨੂੰ ਉਨ੍ਹਾਂ ਸਚੇਤ ਕਰਦਿਆਂ ਖ਼ਦਸ਼ਾ ਪ੍ਰਗਟਾਇਆ ਕਿ ਕਿਧਰੇ ਇਨ੍ਹਾਂ ਸੰਸਥਾਵਾਂ ਦਾ ਪ੍ਰਬੰਧ ਸਰਕਾਰੀ ਹੱਥਾਂ ਵਿੱਚ ਨਾ ਚਲਾ ਜਾਵੇ। ਉਨ੍ਹਾਂ ਇਸ ਮਾਮਲੇ ਵਿੱਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ, ਤਖ਼ਤ ਸ੍ਰੀ ਪਟਨਾ ਸਾਹਿਬ ਬੋਰਡ ਤੇ ਦਿੱਲੀ ਕਮੇਟੀ ਦਾ ਹਵਾਲਾ ਦਿੱਤਾ। ਇਸ ਸਮਾਗਮ ਨੂੰ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ, ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਤੇ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਸੰਬੋਧਨ ਕੀਤਾ।

ਸਿੱਖ ਵਿਰੋਧੀ ਤਾਕਤਾਂ ਵੰਡੀਆਂ ਪਾਉਣੀਆਂ ਚਾਹੁੰਦੀਆਂ ਨੇ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਸਮੇਤ ਪੰਥਕ ਸੰਸਥਾਵਾਂ ਦੀ ਰਾਖੀ ਵਾਸਤੇ ਅਕਾਲੀ ਦਲ ਦਾ ਮਾਰਗਦਰਸ਼ਨ ਕਰਨ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਸਿੱਖ ਵਿਰੋਧੀ ਤਾਕਤਾਂ ਸਿੱਖ ਕੌਮ ਨੂੰ ਵੰਡਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੈ। ਇਹ ਦੋਵੇਂ ਲੋਕਤੰਤਰੀ ਸੰਸਥਾਵਾਂ ਹਨ, ਜਿਨ੍ਹਾਂ ਦੇ ਮੁਖੀ ਜਮਹੂਰੀ ਢੰਗ ਨਾਲ ਚੁਣੇ ਜਾਂਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀਆਂ ਕੁਝ ਏਜੰਸੀਆਂ ਸਿੱਖ ਆਗੂਆਂ ਦੀ ਦੁਰਵਰਤੋਂ ਕਰਕੇ ਇਹ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਹਰਿਆਣਾ ਵਿੱਚ ਵੱਖਰਾ ਗੁਰਦੁਆਰਾ ਐਕਟ ਦੇ ਮਾਮਲੇ ਨੂੰ ਉਨ੍ਹਾਂ ਸਿੱਖ ਕੌਮ ’ਤੇ ਹਮਲਾ ਕਰਾਰ ਦਿੱਤਾ।

ਬੰਦੀ ਸਿੰਘਾਂ ਦੇ ਮਾਮਲੇ ਵਿੱਚ ਸਰਕਾਰਾਂ ਵਿਤਕਰਾ ਕਰ ਰਹੀਆਂ ਨੇ: ਧਾਮੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੌਕੇ ਬੰਦੀ ਸਿੱਖਾਂ ਦੀ ਰਿਹਾਈ ਅਤੇ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ ਖ਼ਿਲਾਫ਼ ਉਲੀਕੇ ਪ੍ਰੋਗਰਾਮ ਦਾ ਵੀ ਐਲਾਨ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਸਰਕਾਰਾਂ ਵੱਲੋਂ ਵਿਤਕਰਾ ਕੀਤਾ ਜਾ ਰਿਹਾ। ਹਰਿਆਣਾ ਵੱਖਰੀ ਕਮੇਟੀ ਦੇ ਮਾਮਲੇ ਨੂੰ ਜਾਣ-ਬੁਝ ਕੇ ਉਲਝਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਜ਼ਿਸ਼ਾਂ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਪਿੰਡ ਪੱਧਰ ’ਤੇ ਲੋਕ ਲਹਿਰ ਸਿਰਜੀ ਜਾਵੇਗੀ।

 [ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags