ਸੰਗਰੂਰ: ਈਟੀਟੀ ਟੈੱਟ ਪਾਸ ਬੇਰੁਜ਼ਗਾਰ-2364 ਅਧਿਆਪਕਾਂ ਨੇ ਦਸਹਿਰੇ ਮੌਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

[ad_1]
ਗੁਰਦੀਪ ਸਿੰਘ ਲਾਲੀ
ਸੰਗਰੂਰ, 5 ਅਕਤੂਬਰ
ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵਲੋਂ ਭਰਤੀ ਪ੍ਰਕਿਰਿਆ ਮੁਕੰਮਲ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸ਼ਹਿਰ ’ਚ ਅਣਮਿਥੇ ਸਮੇਂ ਲਈ ਸ਼ੁਰੂ ਕੀਤਾ ਸੂਬਾ ਪੱਧਰੀ ਮਰਨ ਵਰਤ ਚੌਥੇ ਦਿਨ ਵੀ ਲਗਾਤਾਰ ਜਾਰੀ ਰਿਹਾ। ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵਲੋਂ ਰੋਸ ਮਾਰਚ ਕਰਦਿਆਂ ਲਾਲ ਬੱਤੀ ਚੌਕ ਵਿਚ ਆਵਾਜਾਈ ਠੱਪ ਕਰਕੇ ਅੱਜ ਦਸਿਹਰੇ ਵਾਲੇ ਦਿਨ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਪੁਤਲੇ ਫ਼ੂਕੇ ਗਏ। ਅੱਜ ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਆਗੂ ਕ੍ਰਿਸ਼ਨ ਸਿੰਘ ਦੁੱਗਾਂ ਅਤੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਨੇ ਪੁੱਜ ਕੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਅੱਜ ਚੌਥੇ ਦਿਨ ਵੀ ਯੂਨੀਅਨ ਦੇ ਸੂਬਾਈ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਅਤੇ ਸੁਖਚੈਨ ਸਿੰਘ ਮਾਨਸਾ ਮਰਨ ਵਰਤ ’ਤੇ ਡਟੇ ਰਹੇ ਜਿਨ੍ਹਾਂ ਦੀ ਸਿਹਤ ਵੀ ਲਗਾਤਾਰ ਵਿਗੜ ਰਹੀ ਹੈ। ਅੱਜ ਬੇਰੁਜ਼ਗਾਰ ਅਧਿਆਪਕ ਮਾਰਚ ਕਰਦੇ ਹੋਏ ਲਾਲ ਬੱਤੀ ਚੌਕ ਪੁੱਜੇ, ਜਿਥੇ ਆਵਾਜਾਈ ਠੱਪ ਕਰਕੇ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਮਰਨ ਵਰਤੀ ਸੁਰਿੰਦਰਪਾਲ ਗੁਰਦਾਸਪੁਰ ਦੀ ਸਿਹਤ ਵਿਗੜ ਗਈ, ਜਿਨ੍ਹਾਂ ਨੂੰ ਰਿਕਸ਼ੇ ’ਚ ਬਿਠਾ ਕੇ ਮਰਨ ਵਰਤ ਕੈਂਪ ਤੱਕ ਵਾਪਸ ਲਿਆਂਦਾ ਗਿਆ। ਯੂਨੀਅਨ ਆਗੂਆਂ ਅਨੁਸਾਰ ਕੱਲ੍ਹ ਤੋਂ ਹੀ ਉਹ ਸਰੀਰਕ ਕਮਜ਼ੋਰੀ ਮਹਿਸੂਸ ਕਰ ਰਹੇ ਹਨ ਅਤੇ ਸਿਰ ਵਿਚ ਦਰਦ ਹੈ। ਸੁਰਿੰਦਰਪਾਲ ਗੁਰਦਾਸਪੁਰ ਨੇ ਦੱਸਿਆ ਕਿ ਅੱਜ ਸਵੇਰੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿੱਖਿਆ ਸਕੱਤਰ ਪੰਜਾਬ ਨਾਲ ਮੀਟਿੰਗ ਕਰਾਉਣ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਯੂਨੀਅਨ ਵਲੋਂ ਸਪੱਸ਼ਟ ਕਰ ਦਿੱਤਾ ਗਿਆ ਕਿ ਉਹ ਪੰਜਾਬ ਸਰਕਾਰ ਦੇ ਹਰ ਅਧਿਕਾਰੀ ਨਾਲ ਗੱਲਬਾਤ ਕਰਨ ਲਈ ਤਿਆਰ ਹਨ ਪਰ ਸ਼ਰਤ ਇਹ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਅਦਾਲਤ ਵਿਚ ਭਰਤੀ ਪ੍ਰਕਿਰਿਆ ਮੁਕੰਮਲ ਕਰਾਉਣ ਲਈ ਹਲਫਨਾਮਾ ਦਾਇਰ ਨਹੀਂ ਕਰਦੀ ਉਦੋਂ ਤੱਕ ਮਰਨ ਵਰਤ ਲਗਾਤਾਰ ਜਾਰੀ ਰਹੇਗਾ। ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਰਾਵਨ ਦਾ ਰੂਪ ਧਾਰਨ ਕਰਦੇ ਜਾ ਰਹੇ ਹਨ ਜਿਸ ਕਾਰਨ ਹੀ ਅੱਜ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਤਲੇ ਫ਼ੂਕਣ ਲਈ ਮਜਬੂਰ ਹੋਣਾ ਪਿਆ ਹੈ। ਇਸ ਮੌਕੇ ਰਵੀ ਕੁਮਾਰ ਪਠਾਨਕੋਟ, ਸ਼ਲਿੰਦਰ ਲਾਧੂਕਾ, ਨਰਿੰਦਰ ਸੰਗਰੂਰ, ਗੁਰਪ੍ਰੀਤ ਸਮਾਣਾ, ਜੀਵਨ ਮੂਣਕ, ਗੁਰਜੰਟ ਪਟਿਆਲਾ, ਹਰਬੰਸ ਪਟਿਆਲਾ ਅਤੇ ਹੋਰ ਸਾਥੀ ਮੌਜੂਦ ਸਨ।
[ad_2]
-
Previous ਕਾਬੁਲ ਵਿੱਚ ਗ੍ਰਹਿ ਮੰਤਰਾਲੇ ਦੀ ਇਮਾਰਤ ’ਚ ਧਮਾਕਾ, ਦੋ ਹਲਾਕ
-
Next ਬਾਲਾਸਾਹਿਬ ਠਾਕਰੇ ਦੇ ਲੜਕੇ ਵੱਲੋਂ ਮੁੱਖ ਮੰਤਰੀ ਸ਼ਿੰਦੇ ਨਾਲ ਮੰਚ ਸਾਂਝਾ