ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਾਇਜ਼ ਠਹਿਰਾਉਣਾ ਸਿੱਖ ਪੰਥ ’ਤੇ ਹਮਲਾ: ਸੁਖਬੀਰ
[ad_1]
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ-2014 ਨੂੰ ਮਾਨਤਾ ਦੇਣ ਦੇ ਫ਼ੈਸਲੇ ਨੂੰ ਪੰਥ ’ਤੇ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਦੁਨੀਆਂ ਭਰ ਦੇ ਸਿੱਖਾਂ ਵਿੱਚ ਰੋਸ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ, ਜੋ ਅੰਤਰਰਾਜੀ ਸੰਸਥਾ ਹੈ, ਨੂੰ ਇਕ ਸੂਬਾਈ ਕਾਨੂੰਨ ਦੇ ਆਧਾਰ ’ਤੇ ਵੰਡਿਆ ਜਾ ਰਿਹਾ ਹੈ। ਹਾਲਾਂਕਿ ਇਸ ਮਾਮਲੇ ’ਤੇ ਕਾਨੂੰਨ ਬਣਾਉਣ ਦੀ ਤਾਕਤ ਸਿਰਫ਼ ਕੇਂਦਰ ਦੇ ਹੱਥ ਹੈ। ਸ੍ਰੀ ਸੁਖਬੀਰ ਨੇ ਕਿਹਾ ਕਿ ਕਾਂਗਰਸ ਦਹਾਕਿਆਂ ਤੋਂ ਅਕਾਲੀ ਦਲ ਦੇ ਨਾਲ-ਨਾਲ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ’ਤੇ ਲੱਗੀ ਹੈ। 2014 ਦੇ ਐਕਟ ਰਾਹੀਂ ਹਰਿਆਣਾ ਵਿੱਚ ਗੁਰਦੁਆਰਿਆਂ ਦੇ ਪ੍ਰਬੰਧ ਲਈ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦਾ ਗਠਨ ਕਰਨਾ, ਇਸੇ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਨਿੰਦਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਕੇਸ ਵਿਚ ਸੁਪਰੀਮ ਕੋਰਟ ਵਿੱਚ ਸ਼੍ਰੋਮਣੀ ਕਮੇਟੀ ਦੇ ਉਲਟ ਸਟੈਂਡ ਲਿਆ। ਉਨ੍ਹਾਂ ਕਿਹਾ ਕਿ ਤਾਬੂਤ ਵਿੱਚ ਆਖ਼ਰੀ ਕਿੱਲ ਗੱਡਣ ਦਾ ਕੰਮ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਜਿਨ੍ਹਾਂ ਦੇ ਐਡਵੋਕੇਟ ਜਨਰਲ ਨੇ ਅਦਾਲਤ ਵਿੱਚ ਕੇਸ ’ਚ ਸ਼੍ਰੋਮਣੀ ਕਮੇਟੀ ਖ਼ਿਲਾਫ਼ ਲਿਖਤੀ ਹਲਫ਼ਨਾਮਾ ਦਾਇਰ ਕੀਤਾ। ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਸੌ ਸਾਲ ਪੁਰਾਣੇ ਐਕਟ ਨਾਲ ਛੇੜਛਾੜ ਬਰਦਾਸ਼ਤ ਨਹੀਂ ਕਰੇਗਾ। ਇਸ ਸਬੰਧੀ ਰਣਨੀਤੀ ਲਈ ਪਾਰਟੀ ਨੇ ਸੀਨੀਅਰ ਆਗੂਆਂ ਦੀ ਮੀਟਿੰਗ ਸੱਦੀ ਹੈ। ਉਨ੍ਹਾਂ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸਿੱਖਾਂ ਨੂੰ ਵੰਡਣ ਦੀ ਇਸ ਸਾਜ਼ਿਸ਼ ਖ਼ਿਲਾਫ਼ ਇਕਜੁੱਟ ਹੋਣ।
ਸ੍ਰੀ ਬਾਦਲ ਨੇ ਕਿਹਾ ਕਿ ਦੇਸ਼ ਵਿਚ ਪਹਿਲਾਂ ਲੋਕਾਂ ਨੇ ਵੇਖਿਆ ਕਿ ਕਿਵੇਂ ਚੁਣੀ ਹੋਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਰੂਪ ਰਾਤੋ-ਰਾਤ ਬਦਲ ਕੇ ਇਸ ’ਤੇ ਕਬਜ਼ਾ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਦਰਿਆਈ ਪਾਣੀ ਖੋਹਣ ਸਣੇ ਬਿਨਾਂ ਰਾਜਧਾਨੀ ਸ਼ਹਿਰ ਚੰਡੀਗੜ੍ਹ ਤੋਂ ਵਿਚਰਨ ਦੀ ਮਾਰ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਮਾਨਤਾ ਦੇਣ ਨਾਲ ਸ਼੍ਰੋਮਣੀ ਕਮੇਟੀ ਨੂੰ ਛੋਟਾ ਕੀਤਾ ਜਾ ਰਿਹਾ ਹੈ।
ਸੁਖਬੀਰ ਸਿੰਘ ਬਾਦਲ ਨੇ ਜਰਮਨੀ ਘਟਨਾ ਬਾਰੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਦੀਆਂ ਕਾਰਵਾਈਆਂ ਨੇ ਪੰਜਾਬ ਤੇ ਪੰਜਾਬੀਆਂ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਹਾਜ਼ ’ਚ ਸਵਾਰ ਉਦਯੋਗਪਤੀ ਤੇ ਹੋਟਲ ਮਾਲਕ ਅਨੁਸਾਰ ਭਗਵੰਤ ਮਾਨ ਹਵਾਈ ਜਹਾਜ਼ ਵਿਚ ਦਾਖ਼ਲ ਹੋਣ ਮੌਕੇ ਪਹਿਲੀ ਸੀਟ ’ਤੇ ਡਿੱਗ ਪਏ ਸਨ। ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਏਅਰਲਾਈਨ ਨੇ ਪ੍ਰਾਈਵੇਸੀ ਕਾਨੂੰਨਾਂ ਦਾ ਹਵਾਲਾ ਦੇ ਕੇ ਘਟਨਾ ਦੀ ਜਾਣਕਾਰੀ ਦੇਣ ਤੋਂ ਨਾਂਹ ਕਰ ਦਿੱਤੀ। ਸ੍ਰੀ ਬਾਦਲ ਨੇ ਜਾਂਚ ਦੀ ਮੰਗ ਕਰਦਿਆਂ ਰਾਜਪਾਲ ਤੋਂ ਮੰਗ ਕੀਤੀ ਕਿ ਭਗਵੰਤ ਮਾਨ ਨੂੰ ਬਰਖ਼ਾਸਤ ਕੀਤਾ ਜਾਵੇ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਬੀਐਮਡਬਲਿਊ ਵੱਲੋਂ ਪੰਜਾਬ ਵਿਚ ਕਾਰ ਕਾਰਖਾਨਾ ਲਾਉਣ ਦੇ ਦਾਅਵੇ ਲੀਰੋ-ਲੀਰ ਹੋ ਗਏ ਹਨ।
[ad_2]
- Previous ਭਾਰਤ ਤੇ ਨੇਪਾਲ ਵੱਲੋਂ ਜਲ ਸਰੋਤਾਂ ਨਾਲ ਜੁੜੇ ਮੁੱਦਿਆਂ ’ਤੇ ਗੱਲਬਾਤ ਸ਼ੁਰੂ
- Next ਜੇਲ੍ਹਰ ਨੂੰ ਧਮਕਾਉਣ ਦੇ ਮਾਮਲੇ ’ਚ ਅੰਸਾਰੀ ਨੂੰ ਸੱਤ ਸਾਲ ਜੇਲ੍ਹ ਦੀ ਸਜ਼ਾ
0 thoughts on “ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਾਇਜ਼ ਠਹਿਰਾਉਣਾ ਸਿੱਖ ਪੰਥ ’ਤੇ ਹਮਲਾ: ਸੁਖਬੀਰ”