ਕਿਸਾਨ ਦੀ ਮੌਤ: ਪ੍ਰਸ਼ਾਸਨ ਨਾਲ ਮੁਆਵਜ਼ੇ ਸਬੰਧੀ ਮੀਟਿੰਗ ਬੇਸਿੱਟਾ ਰਹੀ
[ad_1]
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਅਣਮਿਥੇ ਸਮੇਂ ਲਈ ਚੱਲ ਰਹੇ ਪੱਕੇ ਰੋਸ ਧਰਨੇ ਦੇ 10ਵੇਂ ਦਿਨ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਤੇ ਬੀਬੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜਿਥੇ ਕਿਸਾਨੀ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੀ ਚੁੱਪ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ, ਉਥੇ ਰੋਸ ਧਰਨੇ ਦੌਰਾਨ ਕਿਸਾਨ ਗੁਰਚਰਨ ਸਿੰਘ ਦੀ ਹੋਈ ਮੌਤ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਆਗੂਆਂ ਨੇ ਦੱਸਿਆ ਕਿ ਕਿਸਾਨ ਦੇ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਰਹੀ। ਬੁਲਾਰਿਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੰਨੀਆਂ ਮੰਗਾਂ ਦਾ ਠੋਸ ਹੱਲ ਨਾ ਕੱਢਿਆ ਤਾਂ 20 ਅਕਤੂਬਰ ਨੂੰ ਕਿਸਾਨ ਸੰਘਰਸ਼ ਨੂੰ ਨਵਾਂ ਮੋੜ ਦਿੱਤਾ ਜਾਵੇਗਾ। ਪੱਕੇ ਮੋਰਚੇ ’ਚ ਬੀਬੀਆਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ’ਚ ਡਟੀਆਂ ਹੋਈਆਂ ਹਨ। ਪੱਕੇ ਮੋਰਚੇ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਪਿਛਲੇ ਦਸ ਦਿਨਾਂ ਤੋਂ ਪੰਜਾਬ ਦੇ ਹਜ਼ਾਰਾਂ ਕਿਸਾਨ ਮੁੱਖ ਮੰਤਰੀ ਦੀ ਕੋਠੀ ਅੱਗੇ ਦਿਨ-ਰਾਤ ਦੇ ਪੱਕੇ ਮੋਰਚੇ ’ਤੇ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਬੈਠੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ‘ਆਪ’ ਆਗੂਆਂ ਵੱਲੋਂ ਵਾਅਦੇ ਕੀਤੇ ਗਏ ਸਨ ਕਿ ਸਰਕਾਰ ਬਣਨ ’ਤੇ ਕਿਸੇ ਵੀ ਵਰਗ ਨੂੰ ਰੋਸ ਧਰਨੇ/ਪ੍ਰਦਰਸ਼ਨ ਕਰਨ ਦੀ ਲੋੜ ਨਹੀਂ ਪਵੇਗੀ ਅਤੇ ਸਾਰੇ ਮਸਲੇ ਗੱਲਬਾਤ ਨਾਲ ਹੱਲ ਕੀਤੇ ਜਾਣਗੇ ਪਰ ਪੰਜਾਬ ਦੇ ਹਰ ਵਰਗ ਦੇ ਲੋਕ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹਨ। ਮੰਚ ਸੰਚਾਲਨ ਦੀ ਕਾਰਵਾਈ ਨਿਰਮਲ ਸਿੰਘ ਅਲੀਪੁਰ ਮਾਲੇਰਕੋਟਲਾ ਨੇ ਨਿਭਾਈ। ਇਸ ਮੌਕੇ ਬੁੱਕਣ ਸਿੰਘ ਸੱਦੋਵਾਲ, ਹਰਬੰਸ ਸਿੰਘ ਕੋਟਲੀ, ਕਮਲਜੀਤ ਕੌਰ, ਕੁਲਵਿੰਦਰ ਸਿੰਘ, ਸੁਰਜੀਤ ਸਿੰਘ, ਜੋਗਿੰਦਰ ਸਿੰਘ, ਸੁਰਜੀਤ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਆਪਣੀ ਚੁੱਪ ਨਾ ਤੋੜੀ ਤਾਂ 20 ਅਕਤੂਬਰ ਨੂੰ ਵੱਡੇ ਐਕਸ਼ਨ ਦੇ ਰੂਪ ਵਿਚ ਸੰਘਰਸ਼ ਨੂੰ ਨਵਾਂ ਮੋੜ ਦਿੱਤਾ ਜਾਵੇਗਾ। ਇਸ ਮੌਕੇ ਸੂਬਾ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਕ ਸਿੰਘ ਭੂਟਾਲ, ਗੋਬਿੰਦਰ ਸਿੰਘ ਮੰਗਵਾਲ ਆਦਿ ਮੌਜੂਦ ਸਨ।
[ad_2]
- Previous ਯੂਕਰੇਨ: ਰੂਸੀ ਡਰੋਨਾਂ ਨੇ ਬਿਜਲੀ-ਪਾਣੀ ਦੀ ਸਪਲਾਈ ਨੂੰ ਮੁੜ ਬਣਾਇਆ ਨਿਸ਼ਾਨਾ
- Next ਗ਼ਾਜ਼ੀਆਬਾਦ ’ਚ ਨਿਰਭੈ ਕਾਂਡ ਵਰਗਾ ਅਪਰਾਧ: ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ
0 thoughts on “ਕਿਸਾਨ ਦੀ ਮੌਤ: ਪ੍ਰਸ਼ਾਸਨ ਨਾਲ ਮੁਆਵਜ਼ੇ ਸਬੰਧੀ ਮੀਟਿੰਗ ਬੇਸਿੱਟਾ ਰਹੀ”